Cylinder Blast: ਗਰਮੀ ਦੀ ਸ਼ੁਰੂਆਤ ਦੇ ਨਾਲ ਹੀ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿਚਾਲੇ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਇਸ ਵਿਚਾਲੇ ਬਲਾਸਟ ਤੋਂ ਬਾਅਦ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਬੁੱਧਵਾਰ ਨੂੰ ਵਿਕਾਸ ਨਗਰ ਸੈਕਟਰ-14 ਇਲਾਕੇ 'ਚ ਸਥਿਤ ਝੁੱਗੀ-ਝੌਂਪੜੀਆਂ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਪੂਰੇ ਇਲਾਕੇ 'ਚ ਅਫਰਾ-ਤਫਰੀ ਮਚ ਗਈ। ਇਸ ਦਰਦਨਾਕ ਹਾਦਸੇ ਵਿੱਚ ਲਗਭਗ 200 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ।ਧਮਾਕਿਆਂ ਨਾਲ ਦਹਿਲਿਆ ਇਲਾਕਾਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ ਕਰੀਬ 2 ਵਜੇ ਵਾਪਰੀ, ਜਦੋਂ ਅਚਾਨਕ ਇੱਕ ਝੁੱਗੀ ਤੋਂ ਭੜਕੀ ਅੱਗ ਨੇ ਤੇਜ਼ ਹਵਾਵਾਂ ਕਾਰਨ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਇੰਨੀ ਭਿਆਨਕ ਸੀ ਕਿ ਝੁੱਗੀਆਂ ਵਿੱਚ ਰੱਖੇ ਗੈਸ ਸਿਲੰਡਰ ਅਤੇ ਰੈਫ੍ਰਿਜਰੇਟਰ ਦੇ ਕੰਪ੍ਰੈਸਰ ਇੱਕ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਿਆਂ ਨਾਲ ਫਟਣ ਲੱਗੇ। ਧਮਾਕਿਆਂ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦਾ ਪੂਰਾ ਇਲਾਕਾ ਦਹਿਲ ਗਿਆ ਅਤੇ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ।ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਮੌਕੇ 'ਤੇ ਲਖਨਊ ਦੇ ਡੀਐਮ ਵਿਸ਼ਾਖ ਜੀ ਅਤੇ ਪੁਲਿਸ ਕਮਿਸ਼ਨਰ ਅਮਰੇਂਦਰ ਕੁਮਾਰ ਸੇਂਗਰ ਵੀ ਮੌਜੂਦ ਰਹੇ। ਪੁਲਿਸ ਕਮਿਸ਼ਨਰ ਅਨੁਸਾਰ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਹਾਲਾਂਕਿ ਕੁਝ ਲੋਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਝੁਲਸ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਡਿਪਟੀ ਸੀਐਮ ਨੇ ਲਿਆ ਜਾਇਜ਼ਾਹਾਦਸੇ ਦੀ ਖ਼ਬਰ ਮਿਲਦੇ ਹੀ ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਬ੍ਰਿਜੇਸ਼ ਪਾਠਕ ਵੀ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਨੇ ਡੀਐਮ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਤੁਰੰਤ ਰੈਣ ਬਸੇਰਿਆਂ ਵਿੱਚ ਸ਼ਿਫਟ ਕੀਤਾ ਜਾਵੇ ਅਤੇ ਉਨ੍ਹਾਂ ਦੇ ਰਹਿਣ-ਸਹਿਣ ਤੇ ਭੋਜਨ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਉਣ ਅਤੇ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।ਲੋਕਾਂ ਦੀ ਕਮਾਈ ਸੜ ਕੇ ਸੁਆਹ ਇਸ ਅੱਗ ਵਿੱਚ ਗਰੀਬ ਪਰਿਵਾਰਾਂ ਦੀ ਜੀਵਨ ਭਰ ਦੀ ਕਮਾਈ ਸੜ ਕੇ ਸੁਆਹ ਹੋ ਗਈ ਹੈ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦਾ ਰਾਸ਼ਨ, ਕੱਪੜੇ, ਬਰਤਨ ਅਤੇ ਬੱਚਿਆਂ ਦੇ ਸਕੂਲ ਬੈਗ ਤੱਕ ਸੜ ਗਏ ਹਨ। ਲੋਕ ਆਪਣੀਆਂ ਜਲੀਆਂ ਹੋਈਆਂ ਝੁੱਗੀਆਂ ਕੋਲ ਬੈਠ ਕੇ ਰੋ ਰਹੇ ਹਨ ਅਤੇ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।