Assam Bus Accident : ਅਸਾਮ ਦੇ ਕਾਜ਼ੀਰੰਗਾ ਵਿੱਚ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਹੁਣ ਤੱਕ 23 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਹੋਰ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਵੱਲੋਂ ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ।ਇਹ ਹਾਦਸਾ ਗੋਲਾਘਾਟ ਜ਼ਿਲ੍ਹੇ ਵਿੱਚ ਕਾਜ਼ੀਰੰਗਾ ਨੇੜੇ ਰੋਂਗਾਜਾਨ ਇਲਾਕੇ ਵਿੱਚ ਵਾਪਰਿਆ। ਜ਼ਿਲ੍ਹਾ ਕਮਿਸ਼ਨਰ ਬਿਸ਼ਵਜੀਤ ਫੁਕਨ ਮੁਤਾਬਕ ਹਾਦਸੇ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ।ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਬੱਸ ਵਿੱਚ 35 ਤੋਂ ਵੱਧ ਯਾਤਰੀ ਸਵਾਰ ਸਨ। ਤੇਜ਼ ਰਫ਼ਤਾਰ ਨਾਲ ਜਾ ਰਹੀ ਟਰੈਵਲਰ ਗੱਡੀ ਇੱਕ ਟਰੇਲਰ ਨਾਲ ਜਾ ਟਕਰਾਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਗੋਲਾਘਾਟ ਦੇ ਸੀਨੀਅਰ ਪੁਲਿਸ ਅਧਿਕਾਰੀ ਸਵਪਨਨੀਲ ਡੇਕਾ ਨੇ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਗੱਡੀ ਵਿੱਚੋਂ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਖਦਸ਼ਾ ਜਤਾਇਆ ਕਿ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ।ਤੇਜ਼ ਰਫ਼ਤਾਰ ਕਾਰਨ ਹਾਦਸਾ ਹੋਣ ਦਾ ਸ਼ੱਕਪੁਲਿਸ ਮੁਤਾਬਕ ਮਿੰਨੀ ਬੱਸ ਕਾਫੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਲਾਗੂ ਸਪੀਡ ਕੰਟਰੋਲ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ। ਪੁਲਿਸ ਨੂੰ ਸ਼ੱਕ ਹੈ ਕਿ ਕੰਟੇਨਰ ਟਰੱਕ ਨਾਲ ਟੱਕਰ ਹੋਣ ਤੋਂ ਪਹਿਲਾਂ ਡਰਾਈਵਰ ਦਾ ਗੱਡੀ ਤੋਂ ਕੰਟਰੋਲ ਖਤਮ ਹੋ ਗਿਆ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਟਰੈਵਲਰ ਗੱਡੀ ਦੇ ਪਹਿਲਾਂ 12 ਚਲਾਨ ਕੱਟੇ ਗਏ ਸਨ, ਜਿਨ੍ਹਾਂ ਦਾ ਕੁੱਲ 38,500 ਰੁਪਏ ਜੁਰਮਾਨਾ ਭਰਿਆ ਜਾ ਚੁੱਕਾ ਸੀ। ਹਾਲਾਂਕਿ 4,000 ਰੁਪਏ ਦਾ ਇੱਕ ਚਲਾਨ ਅਜੇ ਵੀ ਬਕਾਇਆ ਸੀ।ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਜਤਾਇਆ ਦੁੱਖਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਕਾਜ਼ੀਰੰਗਾ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਨਾਲ ਉਨ੍ਹਾਂ ਦੀਆਂ ਡੂੰਘੀਆਂ ਸੰਵੇਦਨਾਵਾਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਸਭ ਤੋਂ ਪਹਿਲੀ ਤਰਜੀਹ ਜ਼ਖਮੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਵਧੀਆ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੰਤਰੀ ਅਤੁਲ ਬੋਰਾ ਮੌਕੇ 'ਤੇ ਮੌਜੂਦ ਹਨ ਅਤੇ ਬਚਾਅ ਕਾਰਜਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਮਿਲਣ ਦੀ ਅਰਦਾਸ ਕੀਤੀ।